ਅੰਮ੍ਰਿਤਸਰ: ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਲਈ ਭੇਜਿਆ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਹੁਣ ਨਹੀਂ ਜਾਵੇਗਾ। ਇਸ ਦਾ ਕਾਰਨ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜੇ ਨਾ ਦਿੱਤੇ ਜਾਣਾ ਹੈ । ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ 9 ਤੋਂ 18 ਜੂਨ ਤੱਕ ਵੀਜ਼ਾ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਪਰ ਅੰਬੈਸੀ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਤੈਅ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਦਿੱਤੇ ਗਏ। ਇਸ ਲਈ ਸ਼ਹੀਦੀ ਪੂਰਬ ਮੌਕੇ ਹੁਣ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਭਾਈ ਲੌਂਗੋਵਾਲ ਨੇ ਕਿਹਾ ਪਾਕਿਸਤਾਨ ਅੰਬੈਸੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਵੀਜ਼ੇ ਨਾ ਦੇ ਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਬੈਸੀ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਲਈ ਸ਼੍ਰੋਮਣੀ ਕਮੇਟੀ ਵਲੋਂ 81 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਸਨ।